ਇਕ ਸਾਲ ਵਿਚ ਬਾਈਬਲ
ਮਾਰਚ 22


ਮਾਰਕ 7:1-13
1. ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ।
2. ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
3. ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
4. ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘਡ਼ਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
5. ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
6. ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
7. ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ਯਸਾਯਾਹ 29:13
8. ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
9. ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬਡ਼ਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
10. ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
11. ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
12. ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
13. ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”