ਇਕ ਸਾਲ ਵਿਚ ਬਾਈਬਲ


ਸਿਤੰਬਰ 18


1 ਕੁਰਿੰਥੀਆਂ 11:17-34
17. ਜਿਹਡ਼ੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।
18. ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕਠੇ ਹੋਕੇ ਕਲੀਸਿਯਾ ਵਾਂਗ ਇਕਠੇ ਹੁੰਦੇ ਹੋ, ਤੁਹਾਡੇ ਵਿਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
19. ਆਪਣੇ ਵਿਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹਡ਼ੇ ਸੱਚੇ ਨਿਹਚਾਵਾਨ ਹਨ।
20. ਜਦੋਂ ਸਾਰੇ ਹੀ ਇਕਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
21. ਕਿਉਂ? ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।
22. ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
23. ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
24. ਉਸਨੇ ਰੋਟੀ ਲਈ ਪ੍ਰਭੂ ਨੂੰ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਨੂੰ ਤੋਡ਼ਿਆ ਅਤੇ ਆਖਿਆ, “ਇਹ ਮੇਰਾ ਸ਼ਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
25. ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸਨੂੰ ਪੀਓ, ਮੈਨੂੰ ਚੇਤੇ ਕਰੋ।”
26. ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੀ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।
27. ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸ਼ਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ।
28. ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
29. ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸ਼ਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰਖਿਆ ਜਾਵੇਗਾ।
30. ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
31. ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਦਾ ਨਿਰਣਾ ਕੀਤਾ ਹੈ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰਖੇਗਾ।
32. ਪਰ ਜਦੋਂ ਪ੍ਰਭੂ ਸਾਡਾ ਨਿਰਣਾ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
33. ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
34. ਜੇ ਕੋਈ ਵਿਅਕਤੀ ਬਹੁਤ ਹੀ ਭੁਖਾ ਹੈ ਤਾਂ ਉਸਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਰਣਾ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।